ਕੈਮਿਸਟ ਐਸੋਸੀਏਸ਼ਨ ਗੈਰ-ਕਾਨੂੰਨੀ ਕੰਮਾਂ ਵਿੱਚ ਸ਼ਾਮਲ ਕਿਸੇ ਵੀ ਕੈਮਿਸਟ ਦੀ ਮਦਦ ਨਹੀਂ ਕਰੇਗੀ : ਸੰਜੀਵ ਪੁਰੀ
ਨਵਾਸ਼ਹਿਰ / ਔੜ 24 ਅਕਤੂਬਰ (ਮਨੋਰੰਜਨ ਕਾਲੀਆ)
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਰੱਗ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਔੜ ਇਲਾਕੇ ਵਿੱਚ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਕਾਰਵਾਈ ਦਾ ਉਦੇਸ਼ ਮੈਡੀਕਲ ਸਟੋਰਾਂ ’ਤੇ ਦਵਾਈਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣਾ ਸੀ।
ਇਸ ਸਾਂਝੀ ਟੀਮ ਦੀ ਅਗਵਾਈ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਅਤੇ ਥਾਣਾ ਔੜ ਦੀ ਇੰਚਾਰਜ ਇੰਸਪੈਕਟਰ ਨਰੇਸ਼ ਕੁਮਾਰੀ ਨੇ ਕੀਤੀ। ਚੈਕਿੰਗ ਦੌਰਾਨ ਵੱਖ-ਵੱਖ ਮੈਡੀਕਲ ਸਟੋਰਾਂ ’ਤੇ ਦਵਾਈਆਂ ਦੇ ਰਿਕਾਰਡ ਅਤੇ ਵਿਕਰੀ ਸਬੰਧੀ ਨਿਯਮਾਂ ਦੀ ਜਾਂਚ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਕਿਸੇ ਵੀ ਦੁਕਾਨ ਤੋਂ ਕੋਈ ਪਾਬੰਦੀਸ਼ੁਦਾ ਦਵਾਈ ਬਰਾਮਦ ਨਹੀਂ ਹੋਈ। ਹਾਲਾਂਕਿ, ਕੁਝ ਦੁਕਾਨਾਂ ਵਿੱਚ ਆਮ ਕਿਸਮ ਦੀਆਂ ਕਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ਸਬੰਧੀ ਸਬੰਧਤ ਦੁਕਾਨਦਾਰਾਂ ਨੂੰ ਵਿਭਾਗ ਵੱਲੋਂ ਨੋਟਿਸ ਜਾਰੀ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਪੁਰੀ ਅਤੇ ਜਨਰਲ ਸੈਕਟਰੀ ਮਨੋਰੰਜਨ ਕਾਲੀਆ ਨੇ ਸਪੱਸ਼ਟ ਕੀਤਾ ਕਿ ਐਸੋਸੀਏਸ਼ਨ ਕਿਸੇ ਵੀ ਅਜਿਹੇ ਕੈਮਿਸਟ ਦੀ ਹਮਾਇਤ ਜਾਂ ਮਦਦ ਨਹੀਂ ਕਰੇਗੀ, ਜੋ ਗਲਤ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਿਕਰੀ ਨਾਲ ਜੁੜੇ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ ਕਿ ਉਹ ਕਾਨੂੰਨ ਅਤੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰੇ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝੇ।
ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਪੁਰੀ ਨੇ ਕਿਹਾ ਕਿ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦਾ ਪੂਰਨ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਗਠਨ ਹਮੇਸ਼ਾ ਕਾਨੂੰਨ ਅਨੁਸਾਰ ਕੰਮ ਕਰਨ ਵਾਲੇ ਕੈਮਿਸਟਾਂ ਦੇ ਨਾਲ ਖੜ੍ਹਾ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ।
ਉਨ੍ਹਾਂ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਸਮੇਂ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰੀ ਵਿਭਾਗਾਂ, ਕੈਮਿਸਟਾਂ ਅਤੇ ਆਮ ਲੋਕਾਂ ਦਾ ਸਾਂਝਾ ਸਹਿਯੋਗ ਬੇਹੱਦ ਜ਼ਰੂਰੀ ਹੈ।
—————- ਫੋਟ ਕੈਪਸ਼ਨ – ਔੜ ਇਲਾਕੇ ਵਿਚ ਦਵਾਈਆ ਦੀਆ ਦੁਕਾਨਾ ਦੀ ਚੈਕਿੰਗ ਕਰਦੇ ਹੋਏ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਤੇ ਪੁਲਿਸ ਅਧਿਕਾਰੀ( ਕਾਲੀਆ)






